ਭਾਰਤ ਦੇ ਵਾਰ-ਵਾਰ ਚਿਤਾਵਨੀ ਦੇਣ ਤੋਂ ਬਾਅਦ ਵੀ ਕੈਨੇਡਾ ਵਿਚ ਭਾਰਤ ਵਿਰੋਧੀ ਸਰਗਰਮੀਆਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ

ਭਾਰਤ ਦੇ ਵਾਰ-ਵਾਰ ਚਿਤਾਵਨੀ ਦੇਣ ਤੋਂ ਬਾਅਦ ਵੀ ਕੈਨੇਡਾ ਵਿਚ ਭਾਰਤ ਵਿਰੋਧੀ ਸਰਗਰਮੀਆਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਕੈਨਡਾ ਵਿਚ ਕੁਝ ਖਾਲਿਸਤਾਨੀ ਹਮਾਇਤੀਆਂ ਦੀ ਇਕ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿਚ ਉਹ ਫੁੱਟਬਾਲ ਨੂੰ ਤਿਰੰਗੇ ਵਿਚ ਲਪੇਟ ਕੇ ਉਸ ਨਾਲ ਖੇਡ ਰਹੇ ਹਨ। ਇਸ ਵੀਡੀਓ ਨੂੰ ਲੈ ਕੇ ਭਾਰਤ ਨੇ ਸੋਸ਼ਲ ਮੀਡੀਆ ’ਤੇ ਆਪਣਾ ਵਿਰੋਧ ਵੀ ਦਰਜ ਕੀਤਾ ਹੈ ਅਤੇ ਕਿਹਾ ਹੈ ਕਿ ਸਿੱਖ ਭਾਈਚਾਰੇ ਦੇ ਅਜਿਹੇ ਲੋਕਾਂ ਦੀ ਸ਼ਿਨਾਖਤ ਕਰ ਕੇ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਕੈਨੇਡਾ ਵਿਚ ਭਾਰਤ ਸਰਕਾਰ ਵਲੋਂ ਐਲਾਨੇ ਅੱਤਵਾਦੀ ਹਰਦੀਪ ਨਿੱਝਰ ਦੀ ਹੱਤਿਆ ਤੋਂ ਬਾਅਦ ਤਿਰੰਗੇ ਦੇ ਅਪਮਾਨ ਦੀ ਇਹ ਪਹਿਲੀ ਘਟਨਾ ਨਹੀਂ ਹੈ, ਇਸ ਤਰ੍ਹਾਂ ਦੀਆਂ ਸਰਗਰਮੀਆਂ ਕੈਨੇਡਾ ਦੇ ਵੱਖ-ਵੱਖ ਹਿੱਸਿਆਂ ਵਿਚ ਲਗਾਤਾਰ ਜਾਰੀ ਹਨ। ਇਨ੍ਹਾਂ ਸਾਰੀਆਂ ਘਟਨਾਵਾਂ ਲਈ ਸਿੱਖ ਫਾਰ ਜਸਟਿਸ ਦਾ ਕਰਤਾ-ਧਰਤਾ ਅੱਤਵਾਦੀ ਪਨੂੰ ਜ਼ਿੰਮੇਵਾਰ ਹੈ, ਜਿਸ ਨੇ ਵਿਦੇਸ਼ਾਂ ਵਿਚ ਭਾਰਤੀ ਡਿਪਲੋਮੈਟਾਂ ਦੇ ਵਾਂਟਿਡ ਦੇ ਪੋਸਟਰ ਜਾਰੀ ਕੀਤੇ ਹਨ ਅਤੇ ਉਨ੍ਹਾਂ ਨੂੰ ਹਰਦੀਪ ਨਿੱਝਰ ਦੀ ਮੌਤ ਲਈ ਜ਼ਿੰਮੇਵਾਰ ਠਹਿਰਾਇਆ ਹੈ। ਹਾਲਾਂਕਿ ਕੈਨੇਡਾ ਦੀਆਂ ਜਾਂਚ ਏਜੰਸੀਆਂ ਨੇ ਸਾਫ ਕਰ ਦਿੱਤਾ ਹੈ ਕਿ ਉਸ ਦੀ ਹੱਤਿਆ ਲਈ ਭਾਰਤ ਜ਼ਿੰਮੇਵਾਰ ਨਹੀਂ ਹੈ।